ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-541, 10 ਅਪ੍ਰੈਲ 2025
ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥
ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ।
ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ।
ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ।
ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥
ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ।
ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ।
ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ।
ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥
ਹੇ ਮੇਰੀ ਸੋਹਣੀ ਜਿੰਦੇ! ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ) ਗੁਰੂ ਦੀ ਸੰਗਤ ਵਿਚ ਰਹੇ, ਇੰਜ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ ॥੨॥
ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ।
ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ,
ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ।
ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥
ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ॥੩॥
ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਤੇ ਹਰ ਸਰੀਰ ਵਿਚ ਵੱਸ ਰਿਹਾ ਹੈ।
ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਤੇ ਉਹ ਪੂਰੇ ਗੁਣਾ ਦਾ ਮਾਲਕ ਸਭ ਨੂੰ ਪੈਦਾ ਕਰਨ ਵਾਲਾ ਹੈ।
ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਉਹ ਸਾਰੇ ਜੀਆਂ ਦੀ ਦੇਖ-ਭਾਲ ਕਰਦਾ ਹੈ ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ।
ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥
ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ ॥੪॥੬॥ ਛੇ ਪਦਾਂ ਦਾ 1 ਜੋੜ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏