ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ- 617, 05 ਫਰਵਰੀ 2025
ੴ ਸਤਿਗੁਰਪ੍ਰਸਾਦਿ ॥
ਸੋਰਠਿ ਮਹਲਾ ੫ ਘਰੁ ੨ ਦੁਪਦੇ
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ,
ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥
ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।੧।
ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥
ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ ।
ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ।੧।ਰਹਾਉ।
ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ । ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ
ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
(ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ।੨।੧।੨੯।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ ਜੀ 🙏